ਜਲੰਧਰ ‘ਚ ਸਨਸਨੀਖੇਜ਼ ਵਾਰਦਾਤ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦੀ ਨਿਰਮਮ ਹੱਤਿਆ
ਜਲੰਧਰ ਤੋਂ ਇੱਕ ਵੱਡੀ ਅਤੇ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਦੇਰ ਸ਼ਾਮ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦੀ ਨਿਰਮਮ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 17 ਸਾਲਾ ਵਿਕਾਸ ਵਜੋਂ ਹੋਈ ਹੈ, ਜੋ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਚਚੇਰੇ ਭਰਾ ਦਾ ਪੁੱਤਰ ਸੀ।
ਸੂਤਰਾਂ ਮੁਤਾਬਕ, ਅੱਜ ਸ਼ਾਮ ਅਚਾਨਕ ਇਲਾਕੇ ਵਿੱਚ ਹੜਕੰਪ ਮਚ ਗਿਆ, ਜਦੋਂ ਕੁਝ ਬਦਮਾਸ਼ਾਂ ਨੇ ਵਿਕਾਸ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ ਅਤੇ ਉਨ੍ਹਾਂ ਨੇ ਨੌਜਵਾਨ ‘ਤੇ ਬੇਰਹਮੀ ਨਾਲ ਵਾਰ ਕੀਤੇ।
ਘਟਨਾ ਨੂੰ ਦੇਖਦੇ ਹੀ ਸਥਾਨਕ ਲੋਕਾਂ ਵੱਲੋਂ ਤੁਰੰਤ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਗੰਭੀਰ ਜ਼ਖ਼ਮੀ ਹਾਲਤ ਵਿੱਚ ਵਿਕਾਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ, ਜਦਕਿ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਪ੍ਰਾਥਮਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੱਤਿਆ ਦੀ ਵਜ੍ਹਾ ਆਪਸੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਿਸ ਇਸ ਪੱਖ ਨੂੰ ਮੁੱਖ ਆਧਾਰ ਬਣਾਕੇ ਜਾਂਚ ਅੱਗੇ ਵਧਾ ਰਹੀ ਹੈ। ਹੱਤਿਆ ਦੀ ਸੂਚਨਾ ਮਿਲਦਿਆਂ ਹੀ ਥਾਣਾ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਪੁਲਿਸ ਵੱਲੋਂ ਘਟਨਾ ਸਥਲ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਦੋਸ਼ੀਆਂ ਤੱਕ ਜਲਦ ਤੋਂ ਜਲਦ ਪਹੁੰਚਿਆ ਜਾ ਸਕੇ।